੫
ਅਠੱਤੀ ਸਾਲਾਂ ਦੇ ਰੋਗੀ ਨੂੰ ਚੰਗਾ ਕਰਨਾ
੧ ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ । ੨ ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ । ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ । ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ । ੩ ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ । ਕੁੱਝ ਲੋਕ ਅੰਨ੍ਹੇ, ਲੰਗੜੇ ਤੇ ਕੁੱਝ ਅਧਰੰਗੀ ਸਨ । ੪ ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l ੫ ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ । ੬ ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ । ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ । ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ ? ” ੭ ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ । ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ ।” ੮ ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ ।” ੯ ਉਹ ਤੁਰੰਤ ਹੀ ਚੰਗਾ ਹੋ ਗਿਆ । ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ । ਜਦੋਂ ਇਹ ਸਭ ਕੁੱਝ ਵਾਪਰਿਆ, ਇਹ ਸਬਤ ਦਾ ਦਿਨ ਸੀ । ੧੦ ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ ।” ੧੧ ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ ।” ੧੨ ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ ? ” ੧੩ ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ । ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ । ੧੪ ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ ।” ੧੫ ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ । ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ । ੧੬ ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ । ੧੭ ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ ।” ੧੮ ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ । ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ ।”
ਪੁੱਤਰ ਦਾ ਅਧਿਕਾਰ
੧੯ ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ । ਜੋ ਕੁੱਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ । ੨੦ ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁੱਝ ਵਿਖਾਉਂਦਾ ਹੈ ਜੋ ਉਹ ਕਰਦਾ । ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ । ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ । ੨੧ ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ । ੨੨ ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ । ੨੩ ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ । ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ । ੨੪ ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ । ੨੫ ਮੈਂ ਤੁਹਾਨੂੰ ਸੱਚ ਆਖਦਾ ਹਾਂ । ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ । ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ । ੨੬ ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ । ੨੭ ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ । ੨੮ ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ । ੨੯ ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ । ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ ।”
ਯਿਸੂ ਦੇ ਬਾਰੇ ਗਵਾਹੀ
੩੦ “ਮੈਂ ਆਪਣੇ ਆਪ ਕੁੱਝ ਨਹੀਂ ਕਰ ਸਕਦਾ । ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ । ਇਸ ਲਈ ਮੇਰਾ ਨਿਆਂ ਠੀਕ ਹੈ । ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ । ੩੧ ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ । ੩੨ ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ । ੩੩ ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ । ੩੪ ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ । ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ । ੩੫ ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ । ੩੬ ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ । ੩੭ ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ । ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ । ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ । ੩੮ ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ । ੩੯ ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ ! ੪੦ ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ । ੪੧ ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ । ੪੨ ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ । ੪੩ ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ । ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ । ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ । ੪੪ ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ? ੪੫ ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ । ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ । ੪੬ ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ । ੪੭ ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ ।”