੨੨
ਵਿਆਹ ਦੇ ਭੋਜ ਦਾ ਦ੍ਰਿਸ਼ਟਾਂਤ 
(ਲੂਕਾ 14:15-24) 
 ੧ ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਤਾਂ ਵਿੱਚ ਕਿਹਾ,  ੨ ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ।  ੩ ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ ।  ੪ ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁੱਝ ਤਿਆਰ ਹੈ । ਤੁਸੀਂ ਵਿਆਹ ਵਿੱਚ ਆਓ ।  ੫ ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,  ੬ ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ ।  ੭ ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।  ੮ ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ ।  ੯ ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ ।  ੧੦ ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ ।  ੧੧ ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ ।  ੧੨ ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ ? ਪਰ ਉਹ ਚੁੱਪ ਹੀ ਰਿਹਾ ।  ੧੩ ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਘੋਰ ਵਿੱਚ ਸੁੱਟ ਦਿਓ ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।  ੧੪ ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ । 
ਕੈਸਰ ਨੂੰ ਕਰ ਦੇਣਾ 
(ਮਰਕੁਸ 12:13-17; ਲੂਕਾ 20:20-26) 
 ੧੫ ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ ।  ੧੬ ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।  ੧੭ ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ ?  ੧੮ ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ ?  ੧੯ ਕਰ ਦਾ ਸਿੱਕਾ ਮੈਨੂੰ ਵਿਖਾਓ । ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ ।  ੨੦ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ ?  ੨੧ ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ । ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ ।  ੨੨ ਅਤੇ ਉਨ੍ਹਾਂ ਨੇ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ । 
ਜੀ ਉੱਠਣਾ ਅਤੇ ਵਿਆਹ 
(ਮਰਕੁਸ 12:18-27; ਲੂਕਾ 20:27-40) 
 ੨੩ ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ  ੨੪ ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ ।  ੨੫ ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ ।  ੨੬ ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ ।  ੨੭ ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ ।  ੨੮ ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ ?  ੨੯ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ ।  ੩੦ ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ ।  ੩੧ ਪਰ ਮੁਰਦਿਆਂ ਦੇ ਜੀ ਉੱਠਣ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ  ੩੨ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ ।  ੩੩ ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ । 
ਸਭ ਤੋਂ ਵੱਡੀ ਆਗਿਆ 
(ਮਰਕੁਸ 12:28-34; ਲੂਕਾ 10:25-28) 
 ੩੪ ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ ।  ੩੫ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ  ੩੬ ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ ?  ੩੭ ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ।  ੩੮ ਵੱਡਾ ਅਤੇ ਪਹਿਲਾ ਹੁਕਮ ਇਹੋ ਹੈ ।  ੩੯ ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ ।  ੪੦ ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ । 
ਮਸੀਹ ਕਿਸ ਦਾ ਪੁੱਤਰ ਹੈ ? 
(ਮਰਕੁਸ 12:35-37; ਲੂਕਾ 20:41-44) 
 ੪੧ ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ  ੪੨ ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ ।  ੪੩ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ ? ਕਿ  ੪੪ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ । 
 ੪੫ ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ ?  ੪੬ ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ ।